ਇਹ ਦਰਦ ਦਾ ਅਹਿਸਾਸ ਹੀ ਹੈ
ਜੋ ਸਾਨੂੰ ਸਾਰਿਆਂ ਨੂੰ ਬਣਾਉਂਦਾ ਹੈ ਖ਼ਾਸ।
ਰਿਸ਼ਤਾ ਦਰਦ ਦਾ ਹੁੰਦਾ ਹੈ ਅਜੀਬੋ ਗ਼ਰੀਬ
ਜਿੰਨਾ ਦਰਦ ਵੱਧਦਾ ਹੈ ,
ਇਨਸਾਨ ਆਉਂਦਾ ਹੈ ਹਕੀਕਤ ਦੇ ਕਰੀਬ।
ਭਾਵੇਂ ਦਰਦ ਦਿਲ ਦਾ ਹੋਵੇ ਜਾਂ ਪਿੱਠ ਦਾ ਹੋਵੇ ,
ਇਹ ਆਪਣਾ ਇਲਾਜ ਲੱਭ ਲੈਂਦਾ ਹੈ,
ਜੀਵਨ ਵਿੱਚ ਅੱਗੇ ਵਧਣ ਦੀ ਰਾਹ ਲੱਭ ਲੈਂਦਾ ਹੈ।
ਬੁੜਾਪੇ ਵਿੱਚ ਦਰਦ ਉਦਾਸੀ ਦੀ ਵਜ੍ਹਾ ਬਣ ਜਾਂਦਾ ਹੈ ,
ਜਵਾਨੀ ਵਿੱਚ ਦਰਦ ਸਾਨੂੰ ਦਾਰਸ਼ਨਿਕ ਬਣਾਉਂਦਾ ਹੈ ,
ਬਚਪਨ ਦਾ ਦਰਦ ਸੁਪਨਿਆਂ ਵਿੱਚ ਆ ਆ ਕੇ
ਜ਼ਿੰਦਗੀ ਜਿਉਣ ਦੀ ਵਿਉਂਤ ਦੱਸਦਾ ਜਾਂਦਾ ਹੈ।
ਦਰਦ ਇਨਸਾਨ ਦਾ ਦੁਸ਼ਮਣ ਨਹੀਂ ਦੋਸਤ ਹੈ ,
ਇਹ ਜ਼ਿੰਦਗੀ ਦੀ ਰਾਹਾਂ ਵਿੱਚ ਅਕਲਮੰਦ ਬਣਾਉਂਦਾ ਹੈ।
ਇਹ ਸੁੱਖ ਦੀ ਭਾਲ ਕਰਨ ਦੀ ਪ੍ਰੇਰਨਾ ਬਣ ਕੇ
ਜੀਵਨ ਯਾਤਰਾ ਨੂੰ ਅੱਗੇ ਵਧਾਉਂਦਾ ਰਹਿੰਦਾ ਹੈ।
ਇਹ ਦਰਦ ਹੀ ਹੈ
ਜਿਹੜਾ ਇਨਸਾਨ ਨੂੰ
ਜ਼ਿੰਦਗੀ ਦਾ ਸਾਹਮਣਾ ਕਰਨਾ ਸਿਖਾਉਂਦਾ ਹੈ ,
ਇਹ ਸਾਰਿਆਂ ਨੂੰ ਮੰਜ਼ਿਲ ਤੱਕ ਪਹੁੰਚਾਉਂਦਾ ਹੈ।
ਕਈ ਵਾਰੀ ਦਰਦ ਦਾ ਰਿਸ਼ਤਾ
ਇਨਸਾਨਾਂ ਦੀ ਜ਼ਿੰਦਗੀ ਵਿੱਚ
ਇੱਕ ਦਵਾ ਬਣ ਜਾਂਦਾ ਹੈ ,
ਇਹ ਅੰਦਰੋਂ ਟੁੱਟੇ ਹੋਏ ਇਨਸਾਨਾਂ ਦੇ ਅੰਦਰ
ਜਿਉਣ ਦੀ ਤਾਂਘ ਪੈਦਾ ਕਰ
ਅੰਮ੍ਰਿਤ ਸੰਚਾਰ ਕਰ ਜਾਂਦਾ ਹੈ ,
ਦਰਦ ਸਾਰਿਆਂ ਨੂੰ ਜੀਵਨ ਜਾਂਚ ਸਿਖਾਉਂਦਾ ਹੈ।
ਦਰਦ ਸਿਰਜਣਾ ਦਾ ਮੂਲ ਹੈ ,
ਕਦੀ ਕਦੀ ਇਸ ਦੇ ਅੱਗੇ
ਸਾਰੇ ਸੁੱਖ ਤੇ ਆਰਾਮ
ਲੱਗਣ ਲੱਗਦੇ ਸਮੇਂ ਦੀ ਧੂੜ ਹਨ।
18/02/2025.